ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਦੋ ਰਾਜਾਂ ਦੇ ਅਧਿਕਾਰੀ ਪੱਬਾਂ ਭਾਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: 28 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਵਲੋਂ ਜਿਥੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਉਥੇ ਆਪਸੀ ਤਾਲਮੇਲ ਲਈ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ ਅਤੇ ਐਸ.ਡੀ.ਐਮ. ਅੰਬ (ਹਿਮਾਚਲ ਪ੍ਰਦੇਸ਼) ਡਾ. ਮਦਨ ਕੁਮਾਰ ਸਮੇਤ ਹੋਰ ਅਧਿਕਾਰੀਆਂ ਵਲੋਂ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਮਹਾਜਨ ਅਤੇ ਡਾ. ਮਦਨ ਕੁਮਾਰ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਭਾਰ ਢੋਹਣ ਵਾਲੇ ਵਾਹਨਾਂ ’ਤੇ ਪਾਬੰਦੀ ਹੋਵੇਗੀ, ਇਸ ਲਈ ਪੰਜਾਬ ਤੋਂ ਮਾਤਾ ਚਿੰਤਪੁਰਨੀ ਮੇਲੇ ਵਿਚ ਸ਼ਾਮਲ ਹੋਣ ਵਾਲੇ ਸ਼ਰਧਾਲੂ ਇਹਨਾਂ ਵਾਹਨਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਦੱਸਿਆ ਕਿ ਭਾਰ ਢੋਹਣ ਵਾਲੇ ਵਾਹਨਾਂ ਕਾਰਨ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਟਰੱਕ, ਟੈਂਪੂ, ਛੋਟੇ ਹਾਥੀ, ਟਰੈਕਟਰ-ਟਰਾਲੀਆਂ ਆਦਿ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟ੍ਰੇਸ਼ਨ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਇਲ ਟੁਆਇਲਟਸ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ 24 ਘੰਟੇ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵਰਾਜ ਸਿੰਘ ਬੱਲ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ, ਡੀ.ਐਸ.ਪੀ. (ਐਚ) ਸ੍ਰੀ ਨਰਿੰਦਰ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਤਿਵਾੜੀ, ਐਸ.ਐਮ.ਓ. ਡਾ. ਰਾਜ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਅਤੇ ਬੀ.ਡੀ.ਪੀ.ਓ. ਸ੍ਰੀ ਸੁਖਦੇਵ ਸਿੰਘ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਹਿੰਦੂ ਭਾਈਚਾਰੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਸੰਗਠਨਾਂ ਨਾਲ ਮੀਟਿੰਗ ਵੀ ਪਿਛਲੇ ਦਿਨੀਂ ਕੀਤੀ ਗਈ ਸੀ, ਜਿਸ ਵਿਚ ਸਾਂਝੇ ਤੌਰ ’ਤੇ ਲੰਗਰਾਂ ਦੌਰਾਨ ਡੀ.ਜੇ. ਨਾ ਚਲਾਉਣ ਦਾ ਫੈਸਲਾ ਲਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਇਹ ਵੀ ਸਾਂਝੇ ਤੌਰ ’ਤੇ ਫੈਸਲਾ ਕੀਤਾ ਗਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ 31 ਜੁਲਾਈ, 2, 3 ਅਤੇ 4 ਅਗਸਤ ਨੂੰ ਟ੍ਰੈਫਿਕ ਦਾ ਡਾਇਵਰਸ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ।

Related posts

Leave a Comment