ਪਰਾਲੀ ਪ੍ਰਬੰਧਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ 81 ਕਲੱਸਟਰ ਅਫ਼ਸਰ ਅਤੇ 193 ਨੋਡਲ ਅਫ਼ਸਰ ਨਿਯੁਕਤ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਉਣੀ ਦੀ ਝੋਨੇ ਦੀ ਫ਼ਸਲ ਦੀ ਰਹਿੰਦ-ਖੂਹੰਦ ਦਾ ਅਗਾਉਂ ਪ੍ਰਬੰਧਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ, ਜਿਸ ਵਿਚ ਕਿਸਾਨਾਂ ਵਲੋਂ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਸਬੰਧੀ ਪੰਜਾਬ ਸਰਕਾਰ ਦੇ ਐਕਸ਼ਨ ਪਲਾਨ ਅਨੁਸਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 1413 ਪਿੰਡਾਂ ਵਿਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਫੈਲਾਉਣ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ 81 ਕਲੱਸਟਰ ਅਫ਼ਸਰ ਅਤੇ 193 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਪ੍ਰਬੰਧਨ ਲਈ ਦਿੱਤੀ ਗਈ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ, ਤਾਂ ਜੋ ਖੇਤਾਂ ਵਿਚ ਹੀ ਫ਼ਸਲ ਦੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀਆਂ ਬੇਲਰ ਮਸ਼ੀਨਾਂ ਦੀ ਵੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ’ਤੇ ਕਿਸਾਨਾਂ ਨੂੰ ਉਪਲਬੱਧ ਕਰਵਾਈ ਮਸ਼ੀਨਰੀ, ਬਾਇਓਮਾਸ ਪਲਾਂਟ ਅਤੇ ਗੱਤਾ ਫੈਕਟਰੀਆਂ ਵਲੋਂ ਖਰੀਦੀ ਜਾਂਦੀ ਪਰਾਲੀ ਸਬੰਧੀ ਵੀ ਕਿਸਾਨਾਂ ਅੰਦਰ ਜਾਗਰੂਕਤਾ ਫੈਲਾਈ ਜਾਵੇ। ਮੀਟਿੰਗ ਦੌਰਾਨ ਸ੍ਰੀ ਸੰਦੀਪ ਹੰਸ ਨੇ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਤਰੀਕਿਆਂ ਨਾਲ ਕੀਤੇ ਜਾਣ ਵਾਲੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਜ਼ਮੀਨ ਵਿਚ ਹੀ ਪ੍ਰਬੰਧਨ ਕਰਨ ਲਈ ਕਸਟਮ ਹਾਇਰਰਿੰਗ ਸੈਂਟਰਾਂ ਕੋਲ ਆਧੁਨਿਕ ਮਸ਼ੀਨਰੀ ਉਪਲਬਧ ਹੈ, ਜਿਸ ਸਬੰਧੀ ਕੋਈ ਵੀ ਜਾਣਕਾਰੀ ਆਪਣੇ ਨੇੜਲੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related posts

Leave a Comment