ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ ਆਮ ਆਦਮੀ ਕਲੀਨਿਕ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਡੋਰ ਸਟੈਪ ਦੇ ਨਜ਼ਦੀਕ ਗੁਣਵੱਤਾਪੂਰਨ ਸਿਹਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜੋ ਪੰਜਾਬ ਸਰਕਾਰ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨਗੇ। ਉਹ ਹੁਸ਼ਿਆਰਪੁਰ ਦੇ ਚਾਰ ਆਮ ਆਦਮੀ ਕਲੀਨਿਕਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਤੇ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ’ਤੇ ਸੂਬੇ ਵਿਚ 75 ਆਮ ਆਦਮੀ ਕਲੀਨਿਕ ਆਜ਼ਾਦੀ ਦਿਵਸ ’ਤੇ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਤੇ ਸਟਾਫ਼ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਫਾਇਰ ਬ੍ਰਿਗੇਡ ਦਫ਼ਤਰ, ਨਲੋਈਆਂ ਚੌਕ, ਡਰੇਨੇਜ਼ ਵਿਭਾਗ ਦੇ ਦਫ਼ਤਰ ਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਸਾਹਮਣੇ ਨਗਰ ਨਿਗਮ ਵਿਚ ਇਹ ਕਲੀਨਿਕ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੋਰ ਚਾਰ ਆਮ ਆਦਮੀ ਕਲੀਨਿਕ ਅਹੀਆਪੁਰ (ਦਸੂਹਾ), ਬਲਾਕ ਬੁਢਾਬੜ ਦੇ ਸ਼ਰਕੋਵਾਲ ਤੇ ਕਲੋਤਾ (ਮੁਕੇਰੀਆਂ), ਪਿੰਡ ਬਸਿਆਲਾ ਬਲਾਕ ਪੋਸੀ (ਗੜ੍ਹਸ਼ੰਕਰ) ਵਿਖੇ ਖੁੱਲ੍ਹਣਗੇ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੁਵਿਧਾ ਲਈ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਜ਼ਿਲ੍ਹਾ ਨਿਵਾਸੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਓ.ਪੀ.ਡੀ. ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਇਥੇ ਪਾਵਰ ਬੈਕਅਪ ਤੇ ਵਾਟਰ ਪਿਉਰੀਫਾਇਰ ਦੀ ਸੁਵਿਧਾ ਵੀ ਉਪਲਬੱਧ ਰਹੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਦਾ ਸਮਾਂ ਗਰਮੀਆਂ ਵਿਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸਰਦੀਆਂ ਵਿਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਬੇਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਜਾਣ ਵਾਲੇ ਇਹ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਮੀਲ ਦਾ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਵਲ 4 ਮਹੀਨਿਆਂ ਵਿਚ ਹੀ ਚੋਣਾਂ ਵਿਚ ਕੀਤੇ ਕਾਫੀ ਵਾਅਦਿਆਂ ਨੂੰ ਪੂਰਾ ਕੀਤਾ ਹੈ, ਜਿਸ ਵਿਚ 600 ਯੂਨਿਟ ਬਿਜਲੀ ਮੁਆਫ਼, ਨੌਜਵਾਨਾਂ ਨੂੰ ਰੋਜ਼ਗਾਰ ਦੇਣ ਆਦਿ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਇਕ ਸਕਰਾਤਮਕ ਬਦਲਾਅ ਲਈ ਕੰਮ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਇਕ ਵਧੀਆ ਮਾਹੌਲ ਦਿੱਤਾ ਜਾ ਸਕੇ।

Related posts

Leave a Comment