ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ।
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ, ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚਾਵਲ ਉਤਪਾਦਕਾਂ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਐਸੀਫੋਟ, ਬੁਪਰੋਫੋਜਿਨ, ਕਲੋਰੋਪਾਇਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜਿਮ, ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰ, ਵੰਡ ਤੇ ਵਰਤੋਂ ਚਾਵਲ ਖਾਸ ਕਰਕੇ ਬਾਸਮਤੀ ਚਾਵਲ ਦੇ ਨਿਰਯਾਤ ਤੇ ਖਪਤ ਵਿਚ ਸੰਭਾਵੀ ਰੁਕਾਵਟਾਂ ਬਣ ਰਹੀਆਂ ਸਨ। ਉਨ੍ਹਾਂ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ’ਤੇ ਪੰਜਾਬ ਵਿਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ, ਤਾਂ ਜੋ ਬਿਨ੍ਹਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚਾਵਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚਾਵਲ ਵਿਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮ.ਆਰ.ਐਲ.) ਤੋਂ ਵੱਧ ਕੀਟਨਾਸ਼ਕ ਦੀ ਰਹਿੰਦ-ਖੂੰਹਦ ਦਾ ਖਤਰਾ ਹੈ।
ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਰਾਈਸ ਮਿਲਰਜ ਐਂਡ ਐਕਸਪੋਰਟਜ਼ ਐਸੋਸੀਏਸ਼ਨ ਵਲੋਂ ਇਹ ਵੀ ਪਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੂਲ ਬਾਸਮਤੀ ਚਾਵਲ ਵਿਚ ਐਮ.ਆਰ.ਐਲ. ਤੈਅ ਤੋਂ ਕਿਤੇ ਵੱਧ ਮਾਤਰਾ ਵਿਚ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚਾਵਲ ਦੀ ਦੂਜੇ ਦੇਸ਼ਾਂ ਨੂੰ ਨਿਰਯਾਤ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ’ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਬਾਸਮਤੀ ਚਾਵਲ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫਾਰਸ਼ ਕੀਤੀ ਹੈ, ਜੋ ਕਿ ਬਾਜ਼ਾਰ ਵਿਚ ਉਪਲਬੱਧ ਹੈ।

Related posts

Leave a Comment