‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਨਿਊਜ਼ ਪਲੱਸ)ਪੂਨਮ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾ-ਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਇਹ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਸਭ ਤਿਆਰੀ ਮੁਕੰਮਲ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Related posts

Leave a Comment